ਨਸ਼ਾ ਵਿਰੋਧੀ ਮੋਰਚਾ ‘ਆਪ’ ਸਰਕਾਰ ਲਈ ਬਣਿਆ ਸਿਆਸੀ ਚੁਣੌਤੀ

ਨਸ਼ਾ ਵਿਰੋਧੀ ਮੋਰਚਾ ‘ਆਪ’ ਸਰਕਾਰ ਲਈ ਬਣਿਆ ਸਿਆਸੀ ਚੁਣੌਤੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਸਿਆਸਤ ਅਤੇ ਸਮਾਜਿਕ ਮਾਹੌਲ ਵਿੱਚ ਭਾਰੀ ਉਥਲ-ਪੁਥਲ ਮਚੀ ਹੋਈ ਹੈ। ਕੇਂਦਰੀ ਜਾਂਚ ਬਿਊਰੋ ਵੱਲੋਂ ਮਾਮਲੇ ਦੀ ਜਾਂਚ ਆਪਣੇ ਹੱਥ ਵਿੱਚ ਲਏ ਜਾਣ ਤੋਂ ਬਾਅਦ ਜਾਂਚ ਦਾ ਘੇਰਾ ਲਗਾਤਾਰ ਫੈਲ ਰਿਹਾ ਹੈ। ਦੂਜੇ ਪਾਸੇ ਬਰਨਾਲਾ-ਸਿਰਸਾ ਕੌਮੀ ਸ਼ਾਹਰਾਹ ’ਤੇ ਲੱਗਿਆ ਧਰਨਾ ਦਿੱਲੀ ਦੇ ਕਿਸਾਨ ਅੰਦੋਲਨ ਵਾਂਗ ਇੱਕ ਵੱਡੇ ਜਨਤਕ ਮੋਰਚੇ ਦਾ ਰੂਪ ਧਾਰਨ ਕਰ ਗਿਆ ਹੈ। ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵਿਰੁੱਧ ਲੋਕ ਰੋਹ ਤੇਜ਼ ਹੋ ਗਿਆ ਹੈ। ਇਸ ਨੇ ਸਰਕਾਰ ਦੀਆਂ ਮੁਫ਼ਤ ਸਹੂਲਤਾਂ ਦੀ ਰਾਜਨੀਤੀ ਸਾਹਮਣੇ ਵੀ ਗੰਭੀਰ ਚੁਣੌਤੀਆਂ ਖੜ੍ਹੀਆਂ ਕਰ ਦਿੱਤੀਆਂ ਹਨ।
ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੀ ਤਹਿ ਤੱਕ ਪਹੁੰਚਣ ਲਈ ਸੀ.ਬੀ.ਆਈ. ਨੇ ਤਿੰਨ ਟੀਮਾਂ ਤਾਇਨਾਤ ਕੀਤੀਆਂ ਹਨ। ਇਨ੍ਹਾਂ ਵਿੱਚੋਂ ਪਹਿਲੀ ਟੀਮ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਹਥਿਆਰ ਲਾਇਸੈਂਸ ਸਬੰਧੀ ਪ੍ਰਸ਼ਾਸਨਿਕ ਤੇ ਪੁਲਿਸ ਰਿਕਾਰਡ ਦੀ ਜਾਂਚ ਕਰ ਰਹੀ ਹੈ ਤਾਂ ਜੋ ਲਾਪਰਵਾਹ ਤੇ ਭ੍ਰਿਸ਼ਟ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ। ਦੂਜੀ ਟੀਮ ਮੁਲਜ਼ਮਾਂ ਅਤੇ ਉਹਨਾਂ ਦੇ ਸੰਪਰਕ ਵਿੱਚ ਰਹੇ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲੈ ਰਹੀ ਹੈ, ਜਦਕਿ ਤੀਜੀ ਟੀਮ ਝੋਟੇ ਨੂੰ ਸੁਪਾਰੀ ਦੇ ਕੇ ਕਤਲ ਕਰਵਾਉਣ ਦੇ ਦੋਸ਼ਾਂ ਦੇ ਮੱਦੇਨਜ਼ਰ ਸਥਾਨਕ ਨਸ਼ਾ ਮਾਫ਼ੀਆ ਅਤੇ ਪ੍ਰਸ਼ਾਸਨਿਕ ਮਿਲੀਭੁਗਤ ਦੇ ਗੱਠਜੋੜ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਵਿਰੁੱਧ ਲੋਕਾਂ ਦੇ ਗੁੱਸੇ ਦਾ ਸਭ ਤੋਂ ਵੱਡਾ ਕਾਰਨ ਉਹ ਵਾਅਦੇ ਹਨ, ਜੋ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਸਨ। ਸਰਕਾਰ ਬਣਨ ਤੋਂ ਬਾਅਦ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਚਿੱਟੇ ਅਤੇ ਮੈਡੀਕਲ ਨਸ਼ਿਆਂ ਦੀ ਵਿਕਰੀ ਨਾ ਰੁਕਣ ਕਾਰਨ ਲੋਕਾਂ ਵਿੱਚ ਨਿਰਾਸ਼ਾ ਪੈਦਾ ਹੋ ਰਹੀ ਸੀ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਨਸ਼ਿਆਂ ਵਿਰੁੱਧ ਲੋਕਾਂ ਦੇ ਗੁੱਸੇ ਨੂੰ ਹੋਰ ਭੜਕਾ ਦਿੱਤਾ ਹੈ, ਜਿਸ ਕਾਰਨ ਮਾਨਸਾ ਵਿਖੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ‘ਝਾੜੂ’ ਫੂਕੇ ਗਏ। ਝੋਟਾ ਦੇ ਪਿਤਾ ਭੀਮ ਸਿੰਘ ਅਤੇ ਸਮਾਜਿਕ ਕਾਰਕੁਨਾਂ ਦਾ ਕਹਿਣਾ ਹੈ ਕਿ  ਨੌਜਵਾਨ ਇੱਕ ਪਾਸੇ ਓਵਰਡੋਜ਼ ਨਾਲ ਮਰ ਰਹੇ ਹਨ ਅਤੇ ਦੂਜੇ ਪਾਸੇ ਨਸ਼ਾ ਵਿਰੋਧੀ ਆਵਾਜ਼ਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਇਹ ਗੁੱਸਾ ਹੁਣ ਸਿੱਧਾ ਸੱਤਾਧਾਰੀ ਧਿਰ ਵੱਲ ਸੇਧਿਤ ਹੋ ਚੁੱਕਾ ਹੈ।
ਇਸ ਘਟਨਾ ਨੇ ਸੂਬੇ ਦੇ ਸਮਾਜਿਕ, ਪੰਥਕ ਅਤੇ ਕਿਸਾਨੀ ਹਲਕਿਆਂ ਨੂੰ ਇੱਕ ਮੰਚ ’ਤੇ ਲਿਆ ਖੜ੍ਹਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤ ਨੂੰ 28 ਅਕਤੂਬਰ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਵਿੱਚ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਦਾ ਸੱਦਾ ਦਿੱਤਾ ਹੈ। ਜਥੇਦਾਰ ਨੇ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਮੈਡੀਕਲ ਤੇ ਸਿੰਥੈਟਿਕ ਨਸ਼ਿਆਂ ਦਾ ਨੈੱਟਵਰਕ ਨਾ ਤੋੜਿਆ ਗਿਆ ਤਾਂ ਪੰਜਾਬ ਦੀ ਨੌਜਵਾਨੀ ਦਾ ਭਵਿੱਖ ਘੁਣ ਵਾਂਗ ਖ਼ਤਮ ਹੋ ਜਾਵੇਗਾ।
 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਸਾ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਦਾ ਸਾਥ ਦੇਣ ਦਾ ਐਲਾਨ ਕੀਤਾ।  13 ਦਿਨ ਬੀਤ ਜਾਣ ਦੇ ਬਾਵਜੂਦ ਸਸਕਾਰ ਨਾ ਹੋਣ ਕਾਰਨ ਮਾਨਸਾ ਵਿੱਚ ਬਰਨਾਲਾ-ਸਿਰਸਾ ਨੈਸ਼ਨਲ ਹਾਈਵੇ ’ਤੇ ਲੱਗਿਆ ਧਰਨਾ ਮਘਦਾ ਜਾ ਰਿਹਾ ਹੈ। ਬਲਬੀਰ ਸਿੰਘ ਰਾਜੇਵਾਲ ਸਮੇਤ ਪ੍ਰਮੁੱਖ ਕਿਸਾਨ ਆਗੂ, ਵਿਦਿਆਰਥੀ ਜਥੇਬੰਦੀਆਂ, ਮੁਲਾਜ਼ਮ ਅਤੇ ਲੇਖਕ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚ ਰਹੇ ਹਨ। ਟਰਾਲੀਆਂ ’ਤੇ ਤਰਪਾਲਾਂ ਅਤੇ ਝੋਟੇ ਦੀਆਂ ਤਸਵੀਰਾਂ ਵਾਲੇ ਬੈਨਰ ਲੱਗੇ ਹੋਏ ਹਨ, ਜਿਸ ਨਾਲ ਮਾਹੌਲ ਦਿੱਲੀ ਮੋਰਚੇ ਦੀ ਯਾਦ ਤਾਜ਼ਾ ਕਰਵਾ ਰਿਹਾ ਹੈ।