ਪੰਜਾਬ ਸਰਕਾਰ ਨੇ ਸੀ. ਬੀ. ਆਈ. ਨੂੰ ਸੌਂਪੀ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੀ ਜਾਂਚ
ਮਾਨਸਾ/ਏ.ਟੀ.ਨਿਊਜ਼: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ, ਸੂਬਾ ਸਰਕਾਰ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਜਾਂਚ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ.ਬੀ.ਆਈ.) ਨੂੰ ਸੌਂਪ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਇੱਕ ਪੋਸਟ ਸਾਂਝੀ ਕਰਦਿਆਂ ਇਸ ਫ਼ੈਸਲੇ ਦਾ ਐਲਾਨ ਕੀਤਾ ਅਤੇ ਕਿਹਾ ਕਿ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਵਿੱਚ ਝੋਟਾ ਦੇ ਪਿਤਾ ਅਤੇ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਸ ਸੀ.ਬੀ.ਆਈ. ਨੂੰ ਸੌਂਪਣ ਦਾ ਫ਼ੈਸਲਾ ਪਰਿਵਾਰ ਦੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਹੈ।
ਮਾਨ ਨੇ ਪੰਜਾਬੀ ਵਿੱਚ ਕੀਤੀ ਆਪਣੀ ਪੋਸਟ ਵਿੱਚ ਕਿਹਾ, ‘ਪਰਿਵਾਰ ਦੀ ਮੰਗ ਨੂੰ ਮੰਨ ਲਿਆ ਗਿਆ ਹੈ ਅਤੇ ਅਸੀਂ ਇਹ ਮਾਮਲਾ ਸੀ.ਬੀ.ਆਈ. ਨੂੰ ਸੌਂਪ ਰਹੇ ਹਾਂ।’ ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਰਕਾਰ ਦੀ ਲੜਾਈ ਸਮਝੌਤੇ ਤੋਂ ਬਿਨਾਂ ਜਾਰੀ ਰਹੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕਿਸੇ ਵੀ ਸਖ਼ਤ ਕਦਮ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ।
ਸੀ.ਬੀ.ਆਈ. ਜਾਂਚ ਦੀ ਮੰਗ ਝੋਟਾ ਦੇ ਪਰਿਵਾਰ ਅਤੇ ਮਾਰੇ ਗਏ ਕਾਰਕੁਨ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਦੀਆਂ ਮੁੱਖ ਮੰਗਾਂ ਵਿੱਚੋਂ ਇੱਕ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਾਨਸਾ ਵਿੱਚ ਇੱਕ ਕੈਮਿਸਟ ਦੀ ਦੁਕਾਨ ’ਤੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਕਥਿਤ ਤੌਰ ’ਤੇ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਦੁਕਾਨਦਾਰ ਅਸ਼ਵਨੀ ਨਾਲ ਉਲਝੇ ਸਨ ਅਤੇ ਇਸ ਪੂਰੀ ਘਟਨਾ ਦੀ ਫੇਸਬੁੱਕ ਲਾਈਵ ਵੀਡੀਓ ਵੀ ਬਣਾਈ ਗਈ ਸੀ। ਇਸ ਘਟਨਾ ਵਿੱਚ ਉਨ੍ਹਾਂ ਦੇ ਚਾਰ ਸਾਥੀ ਵੀ ਜ਼ਖ਼ਮੀ ਹੋ ਗਏ ਸਨ।
ਪਰਿਵਾਰ ਵੱਲੋਂ ਪੋਸਟਮਾਰਟਮ ਲਈ ਸਹਿਮਤੀ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਦੀ ਮ੍ਰਿਤਕ ਦੇਹ ਅਜੇ ਵੀ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਪਈ ਹੈ। ਝੋਟਾ ਦੇ ਪਿਤਾ ਭੀਮ ਸਿੰਘ, ਜੋ ਕਿ ਇੱਕ ਸਾਬਕਾ ਫੌਜੀ ਹਨ, ਇਸ ਕਤਲ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰ ਰਹੇ ਸਨ। ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਇਸ ਘਟਨਾ ਨੂੰ ਲੈ ਕੇ ਸੂਬਾ ਸਰਕਾਰ ਅਤੇ ਪੁਲਿਸ ਤੋਂ ਜਵਾਬਦੇਹੀ ਦੀ ਵੀ ਮੰਗ ਕੀਤੀ ਸੀ।
ਇਹ ਐਲਾਨ ਇਸ ਕਤਲ ਵਿਰੁੱਧ ਵੱਧ ਰਹੇ ਲੋਕ ਰੋਹ ਅਤੇ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਖੇ ਅਮਿਤ ਸ਼ਾਹ ਦੇ ਦੌਰੇ ਤੋਂ ਐਨ ਪਹਿਲਾਂ ਸਾਹਮਣੇ ਆਇਆ ਹੈ।
ਇਸ ਕਤਲ ਕਾਰਨ ਪੂਰੇ ਸੂਬੇ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ, ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੇ ਸ਼ਾਮਲ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲੀਸ ਵਿਚਕਾਰ ਕਥਿਤ ਗਠਜੋੜ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਸੀ। ਇਸ ਸਬੰਧ ਵਿੱਚ ਸੂਬੇ ਵਿੱਚ 15 ਅਕਤੂਬਰ ਨੂੰ ਬੰਦ ਵੀ ਰਿਹਾ ਸੀ।











Comments (0)