ਡਰੱਗ ਕੇਸ: ਸਿਟ ਅੱਗੇ ਪੇਸ਼ ਨਹੀਂ ਹੋਏ ਮਜੀਠੀਆ

ਡਰੱਗ ਕੇਸ: ਸਿਟ ਅੱਗੇ ਪੇਸ਼ ਨਹੀਂ ਹੋਏ ਮਜੀਠੀਆ

ਚੰਡੀਗੜ੍ਹ/ਏ.ਟੀ.ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਾਲ 2021 ਦੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਏ। ਮੋਹਾਲੀ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਵਾਲੀ ਐੱਸ.ਆਈ.ਟੀ. ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਬੀਤੇ ਸੋਮਵਾਰ ਨੂੰ ਪਟਿਆਲਾ ਤਲਬ ਕੀਤਾ ਸੀ।
ਅਕਾਲੀ ਦਲ ਵੱਲੋਂ ਪੁਲਿਸ ਲਾਈਨਜ਼ ਪਹੁੰਚ ਕੇ ਸਰਕਾਰ ’ਤੇ ਨਿਸ਼ਾਨਾ
ਮਜੀਠੀਆ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਪਟਿਆਲਾ ਪੁਲਿਸ ਲਾਈਨਜ਼ ਪਹੁੰਚੇ। ਉਨ੍ਹਾਂ ਨੇ ਸੂਬਾ ਸਰਕਾਰ ਅਤੇ ਜਾਂਚ ਟੀਮ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਐੱਸ.ਆਈ.ਟੀ. ਪੰਜਾਬ ਸਰਕਾਰ ਦੇ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ।
ਕਲੇਰ ਨੇ ਦਾਅਵਾ ਕੀਤਾ ਕਿ ਇਹ ਨਵੇਂ ਸੰਮਨ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਹਨ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਮਾਰਚ 2025 ਵਿੱਚ ਹੀ ਸਰਕਾਰ ਨੂੰ ਜਾਂਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਸਨ। ਉਸ ਫ਼ੈਸਲੇ ਤੋਂ ਬਾਅਦ ਮਜੀਠੀਆ ਤਤਕਾਲੀ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐੱਸ.ਆਈ.ਟੀ. ਸਾਹਮਣੇ ਪੇਸ਼ ਹੋ ਚੁੱਕੇ ਸਨ, ਜਿੱਥੇ ਉਨ੍ਹਾਂ ਕੋਲੋਂ ਵਿੱਤੀ ਲੈਣ-ਦੇਣ ਬਾਰੇ ਦੋ ਦਿਨ ਲਗਾਤਾਰ ਕਈ ਘੰਟੇ ਪੁੱਛਗਿੱਛ ਹੋਈ ਸੀ। ਉਨ੍ਹਾਂ ਕਿਹਾ ਕਿ ਐਫ.ਆਈ.ਆਰ. ਦਰਜ ਹੋਣ ਦੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਜਾਂਚ ਪੂਰੀ ਨਹੀਂ ਕੀਤੀ ਗਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਸਭ ਸਿਆਸਤ ਤੋਂ ਪ੍ਰੇਰਿਤ ਹੈ।
ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਸੱਦਿਆ ਗਿਆ ਸੀ
ਕਰੀਬ 6,000 ਕਰੋੜ ਰੁਪਏ ਦੇ ਕਥਿਤ ਡਰੱਗ ਰੈਕੇਟ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਇਸੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾ ਚੁੱਕੇ ਜਗਦੀਸ਼ ਸਿੰਘ ਭੋਲਾ ਨੂੰ ਵੀ ਪੁੱਛਗਿੱਛ ਲਈ ਉਸੇ ਦਿਨ ਤਲਬ ਕੀਤਾ ਹੋਇਆ ਸੀ। ਦੋਵਾਂ ਨੂੰ ਇੱਕੋ ਦਿਨ ਸੱਦੇ ਜਾਣ ਕਾਰਨ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਜਾਂਚ ਟੀਮ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ ਸੀ।
ਸਿਆਸੀ ਤਣਾਅ ਦਰਮਿਆਨ ਸੰਮਨ
ਇਹ ਨਵੇਂ ਸੰਮਨ ਅਜਿਹੇ ਸਮੇਂ ਜਾਰੀ ਕੀਤੇ ਗਏ ਹਨ ਜਦੋਂ ਬਿਕਰਮ ਸਿੰਘ ਮਜੀਠੀਆ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਹਮਲਾਵਰ ਹਨ। ਉਹ ਮੰਤਰੀਆਂ ਵੱਲੋਂ ਸਰਕਾਰੀ ਰਿਹਾਇਸ਼ਾਂ ਦੀ ਕਥਿਤ ਦੁਰਵਰਤੋਂ ਅਤੇ ਪ੍ਰਸ਼ਾਸਨਿਕ ਮੁੱਦਿਆਂ ’ਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਲਗਾਤਾਰ ਸਵਾਲ ਚੁੱਕ ਰਹੇ ਹਨ।