ਪੰਜਾਬ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਨੌਕਰੀ ਅਤੇ 2 ਕਰੋੜ ਦਾ ਮੁਆਵਜ਼ਾ ਦੇਣ ਦਾ ਐਲਾਨ
ਮਾਨਸਾ/ਏ.ਟੀ.ਨਿਊਜ਼ : ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੇ 23ਵੇਂ ਦਿਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਐਕਸ਼ਨ ਕਮੇਟੀ ਵਿਚਾਲੇ 5 ਘੰਟੇ ਚੱਲੀ ਮੀਟਿੰਗ ਵਿੱਚ ਲੱਖਾ ਸਿਧਾਣਾ, ਹੋਰ ਆਗੂਆਂ ਦੀ ਰਿਹਾਈ ਅਤੇ ਹੋਰਨਾਂ ਮੰਗਾਂ ’ਤੇ ਸਹਿਮਤੀ ਬਣ ਗਈ। ਆਗੂਆਂ ਦੀ ਰਿਹਾਈ ਮਗਰੋਂ ਹੀ ਪੋਸਟ-ਮਾਰਟਮ ਅਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ, 5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਕਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹੋਈ।
ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ ਦੌਰਾਨ ਜੇਲ੍ਹਾਂ ਵਿੱਚ ਬੰਦ ਲੱਖਾ ਸਿਧਾਣਾ ਅਤੇ ਹੋਰ ਆਗੂਆਂ ਦੀ ਰਿਹਾਈ ਦੇ ਮੁੱਦੇ ’ਤੇ ਕਈ ਘੰਟੇ ਪੇਚ ਅੜਿਆ ਰਿਹਾ। ਹੋਰ ਮੰਗਾਂ ’ਤੇ ਲਗਪਗ ਸਹਿਮਤੀ ਬਣਨ ਦੇ ਬਾਵਜੂਦ, ਐਕਸ਼ਨ ਕਮੇਟੀ ਆਗੂਆਂ ਦੀ ਰਿਹਾਈ ਤੋਂ ਬਿਨਾਂ ਪੋਸਟ-ਮਾਰਟਮ ਅਤੇ ਅੰਤਿਮ ਸੰਸਕਾਰ ਲਈ ਸਹਿਮਤ ਨਹੀਂ ਸੀ।
ਸਿੱਧੂ ਅਨੁਸਾਰ ਮੀਟਿੰਗ ਵਿੱਚ ਖਿਆਲਾ ਕਲਾਂ ਵਿਖੇ ਝੋਟਾ ਦੇ ਨਾਂ ’ਤੇ ਟਰੌਮਾ ਸੈਂਟਰ ਬਣਾਉਣ ਲਈ ਇੱਕ ਹਫ਼ਤੇ ਵਿੱਚ ਮਨਜ਼ੂਰੀ ਦੇਣ ’ਤੇ ਸਹਿਮਤੀ ਬਣੀ। ਇਸ ਤੋਂ ਇਲਾਵਾ, ਸਬੰਧਤ ਪÇੁਲਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸਮਾਂਬੱਧ ਉੱਚ-ਪੱਧਰੀ ਜਾਂਚ ਕਰਵਾਉਣ ਅਤੇ ਝੋਟਾ ਦੇ ਪਰਿਵਾਰ ਨੂੰ ਨੌਕਰੀ ਤੇ 2 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ।
ਪਰਿਵਾਰ ਮੁਤਾਬਕ ਝੋਟਾ ਦੀ ਯਾਦ ਵਿੱਚ ਬੁੱਤ ਲਗਾਉਣ ’ਤੇ ਸਹਿਮਤੀ ਬਣ ਗਈ ਹੈ, ਪਰ ਘਟਨਾ ਵਾਲੀ ਥਾਂ ’ਤੇ ਬੁੱਤ ਲਗਾਉਣ ਬਾਰੇ ਸਹਿਮਤੀ ਨਹੀਂ ਬਣ ਸਕੀ। ਇਸ ਸਬੰਧੀ ਸਰਕਾਰ ਦੇ ਨੁਮਾਇੰਦਿਆਂ ਦਾ ਕਹਿਣਾ ਸੀ ਕਿ ਘਟਨਾ ਵਾਲੀ ਥਾਂ ਨਿੱਜੀ ਜਾਇਦਾਦ ਹੋਣ ਕਾਰਨ ਉੱਥੇ ਬੁੱਤ ਲਗਾਉਣ ਵਿੱਚ ਕਾਨੂੰਨੀ ਅੜਚਣ ਆ ਸਕਦੀ ਹੈ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਦਲਜੀਤ ਸਿੰਘ ਭੰਮੇ ਦੇ ਪਰਿਵਾਰ ਨੂੰ ਵੀ ਨੌਕਰੀ ਅਤੇ ਮੁਆਵਜ਼ੇ ਦਾ ਭਰੋਸਾ ਦਿੱਤਾ ਗਿਆ ਹੈ।
ਸਿੱਧੂ ਨੇ ਦੱਸਿਆ ਕਿ ਐਕਸ਼ਨ ਕਮੇਟੀ ਨੇ ਗ੍ਰਿਫ਼ਤਾਰ ਆਗੂਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਉਨ੍ਹਾਂ ਖ਼ਿਲਾਫ਼ ਦਰਜ ਪਰਚੇ ਰੱਦ ਕਰਨ ਦੀ ਮੰਗ ਰੱਖੀ। ਕਮੇਟੀ ਦੀਆਂ ਮੰਗਾਂ ਵਿੱਚ 13 ਅਕਤੂਬਰ ਤੋਂ ਸ਼ੁਰੂ ਹੋਏ ਸੰਘਰਸ਼ ਦੌਰਾਨ ਭੰਮੇ ਕਲਾਂ, ਬੁਢਲਾਡਾ ਅਤੇ ਅਕਲੀਆ ਨਾਲ ਸਬੰਧਤ ਦਰਜ ਪਰਚਿਆਂ ਤੋਂ ਇਲਾਵਾ ਪੰਜਾਬ ਭਰ ਵਿੱਚ ਫਲੈਕਸ ਪਾੜਨ ਬਾਰੇ ਦਰਜ ਪਰਚੇ ਅਤੇ ਝੋਟਾ ਦੇ ਪਿਤਾ ਤੇ ਐਂਟੀ-ਡਰੱਗ ਟਾਸਕ ਫ਼ੋਰਸ ਦੇ ਕਾਰਕੁਨਾਂ ਖ਼ਿਲਾਫ਼ ਪਹਿਲਾਂ ਤੋਂ ਦਰਜ ਕਥਿਤ ਝੂਠੇ ਪਰਚੇ ਰੱਦ ਕਰਨਾ ਵੀ ਸ਼ਾਮਲ ਸੀ।











Comments (0)